ਪੰਜਾਬ ਸਰਕਾਰ ਨੇ ਅੰਮ੍ਰਿਤਸਰ ਅਨਾਜ ਵੰਡ ਘਪਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਮੁਆਫ ਨਾ ਕਰਨ ਦਾ ਭਰੋਸਾ ਦਵਾਇਆ ਹੈ। ਇਸ ਮਾਮਲੇ ਵਿੱਚ ਘਾਲਾ-ਮਾਲਾ ਕਰਨ ਵਾਲੇ 22 ਕਰਮਚਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਪਹਿਲਾਂ ਹੀ ਸ਼ੁਰੂ ਹੋ ਗਈ ਹੈ। ਇਹ ਭਰੋਸਾ ਵਿਧਾਨ ਸਭਾ ਵਿੱਚ ਬੁੱਧਵਾਰ ਨੂੰ ਸਿਹਤ ਮੰਤਰੀ ਬ੍ਰਹਮ ਮੁਹਿੰਦਰਾ ਨੇ ਮੁੱਖ ਮੰਤਰੀ ਵੱਲੋਂ ਬੋਲਦੇ ਹੋਏ ਵਿਧਾਇਕ ਬਿਕਰਮ ਸਿੰਘ ਪਾਹਰਾ ਵੱਲੋਂ ਲਿਆਂਦੇ ਧਿਆਨ ਦੁਆਊ ਮਤੇ ‘ਤੇ ਦੁਆਇਆ।

ਉਨ੍ਹਾਂ ਕਿਹਾ ਕਿ ਨਵੀਂ ਆਟਾ-ਦਾਲ ਸਕੀਮ ਹੇਠ ਲੋੜਵੰਦ ਗਰੀਬਾਂ ਨੂੰ ਵੰਡੀਆਂ ਜਾਣ ਵਾਲੀਆਂ ਵਸਤਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਘਪਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਦਨ ਵਿੱਚ ਦੱਸਿਆ ਕਿ ਜਾਂਚ ਅਧਿਕਾਰੀ ਦੀ ਰਿਪੋਰਟ ਵਿੱਚ ਪਾਏ ਗਏ ਦੋਸ਼ੀ 22 ਕਰਮਚਾਰੀਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਗਈ ਹੈ। ਅੰਮ੍ਰਿਤਸਰ ਦੇ ਵੱਖ-ਵੱਖ ਕੇਂਦਰਾਂ ਵਿੱਚ ਨਵੀਂ ਆਟਾ-ਦਾਲ ਸਕੀਮ ਦੇ ਹੇਠ ਕਣਕ ਦੇ ਵਿਤਰਣ ਵਿੱਚ ਗੜਬੜੀ ਦੀ ਸ਼ਿਕਾਇਤ ਤੋਂ ਬਾਅਦ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਸਨ।

ਮੰਤਰੀ ਨੇ ਕਿਹਾ ਕਿ ਅੰਦਾਜ਼ਨ 10 ਕਰੋੜ ਰੁਪਏ ਦੀ 45,000 ਕੁਇੰਟਲ ਕਣਕ ਦੇ ਘਪਲੇ ਵਿੱਚ ਕਥਿਤ ਭੂਮਿਕਾ ਵਾਸਤੇ ਚਾਰ ਸਹਾਇਕ ਖੁਰਾਕ ਸਪਲਾਈ ਅਧਿਕਾਰੀਆਂ ਤੇ 14 ਇੰਸਪੈਕਟਰਾਂ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਰੀਆਂ ਸਰਕਾਰੀ ਸਕੀਮਾਂ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਸਕੀਮਾਂ ਦੇ ਲਾਭ ਹੱਕਦਾਰ ਲੋਕਾਂ ਤੱਕ ਪਹੁੰਚ ਸਕਣ।

LEAVE A REPLY