ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਵੱਲੋਂ ਆਮ ਆਦਮੀ ਦੀਆਂ ਸਮੱਸਿਆਵਾਂ ਬਾਰੇ ਉਠਾਏ ਗਏ ਸਾਰੇ ਮੁੱਦਿਆਂ ਨੂੰ ਹੱਲ ਕਰਨ ਤੇ ਇਨ੍ਹਾਂ ਮੁੱਦਿਆਂ ਬਾਰੇ ਕੀਤੀ ਗਈ ਕਾਰਵਾਈ ਬਾਰੇ ਉਨ੍ਹਾਂ ਨੂੰ ਜਾਣੂੰ ਕਰਾਉਣ ਵਾਸਤੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।

ਮੁੱਖ ਮੰਤਰੀ ਨੇ ਅੱਜ ਪ੍ਰਬੰਧਕੀ ਸਕੱਤਰਾਂ ਤੇ ਡਿਪਟੀ ਕਮਿਸ਼ਨਰਾਂ ਦੀਆਂ ਵੱਖੋ-ਵੱਖਰੀਆਂ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪ੍ਰਸ਼ਾਸਕੀ ਮਾਮਲਿਆਂ ਬਾਰੇ ਲੋਕਾਂ ਦੇ ਜੀਵਨ ਨੂੰ ਕੇਵਲ ਸੁਖਾਲਾ ਬਣਾਉਣ ਤੱਕ ਹੀ ਸਿਆਸੀ ਦਖਲਅੰਦਾਜ਼ੀ ਨੂੰ ਸਹਿਣ ਕੀਤਾ ਜਾਵੇਗਾ ਤਾਂ ਜੋ ਲੋਕ ਬਿਨਾਂ ਲਾਲ ਫੀਤਾਸ਼ਾਹੀ ਦੇ ਮੁੱਢਲੀਆਂ ਸੇਵਾਵਾਂ ਪ੍ਰਾਪਤ ਕਰ ਸਕਣ।

ਕੈਪਟਨ ਨੇ ਕਿਹਾ ਕਿ ਵਧੀਆ ਪ੍ਰਸ਼ਾਸਨ ਦੇਣਾ ਉਨ੍ਹਾਂ ਸਰਕਾਰ ਦੀ ਮੁੱਖ ਪ੍ਰਾਥਮਕਤਾ ਹੈ ਤੇ ਇਸ ਸਬੰਧ ਵਿੱਚ ਚੁਣੇ ਗਏ ਨੁਮਾਇੰਦਿਆਂ ਨਾਲ ਤਾਲਮੇਲ ਬਣਾਏ ਜਾਣ ਦੀ ਜ਼ਰੂਰਤ ਹੈ ਤਾਂ ਜੋ ਦੋਵੇਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਤਾਲਮੇਲ ਨਾਲ ਕੰਮ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਦੋਵਾਂ ਵਿੱਚ ਰਾਬਤਾ ਬਣਾਏ ਜਾਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ‘ਤੁਸੀਂ’ ਤੇ ‘ਮੈਂ’ ਦਾ ਸਭਿਆਚਾਰ ‘ਅਸੀਂ’ ਵਿੱਚ ਬਦਲੇ ਜਾਣ ਦੀ ਲੋੜ ਹੈ।

ਪ੍ਰਸ਼ਾਸਕੀ ਸਕੱਤਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਸਿੰਚਾਈ ਤੇ ਖੇਤੀਬਾੜੀ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ‘ਤੇ ਜ਼ੋਰ ਦਿੱਤਾ ਤਾਂ ਕਿ ਫਸਲਾਂ ਖਾਸ ਕਰਕੇ ਕਪਾਹ ਦੀ ਫਸਲ ਲਈ ਸਾਫ ਨਹਿਰੀ ਪਾਣੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਪਿਛਲੀ ਸਰਕਾਰ ਦੌਰਾਨ ਨਕਲੀ ਕੀਟਨਾਸ਼ਕਾਂ ਤੇ ਨਦੀਨਨਾਸ਼ਕ ਵੇਚਣ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

LEAVE A REPLY